ਇਬਰਾਨੀਆਂ ਨੂੰ 10
10
ਜੀਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਣਕ ਗੱਲ ਹੈ
1ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ 2ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? 3ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ 4ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ 5ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, #ਜ਼. 40:6-8–
ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ,
ਪਰ ਮੇਰੇ ਲਈ ਦੇਹੀ ਤਿਆਰ ਕੀਤੀ ।
6ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ
ਹੁੰਦਾ,
7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ,
ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ
ਕਰਾਂ,
ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ
ਹੋਇਆ ਹੈ।।
8ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ – 9ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ 10ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ 11ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ 12ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ 13ਅਤੇ ਇਦੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ 14ਕਿਉਂ ਜੋ ਉਹ ਨੇ ਇੱਕੋ ਭੇਟ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ 15ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, #ਯਰ. 31:33-
16ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ
ਬੰਨ੍ਹਾਗਾਂ,
ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, -
ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ
ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ
ਲਿਖਾਂਗਾ,
17ਅਤੇ ਓਹਨਾਂ ਦੇ ਪਾਪਾਂ ਨੂੰ,
ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ
ਚੇਤੇ ਨਾ ਕਰਾਂਗਾ।।
18ਸੋ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।। 19ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਅਸਥਾਨ ਦੇ ਅੰਦਰ ਜਾਣ ਦੀ ਦਿਲੇਰੀ ਹੈ 20ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ 21ਅਤੇ ਜਦੋਂ ਸਾਡਾ ਇੱਕ ਮਹਾ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ 22ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ 23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ 24ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ 25ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।
26ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ 27ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ 28ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ 29ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ 30ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ 31ਜੀਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਣਕ ਗੱਲ ਹੈ !।।
32ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਪਿੱਛੋਂ ਤੁਸਾਂ ਦੁਖਾਂ ਦੇ ਵੱਡੇ ਘੋਲਮਘੋਲ ਨੂੰ ਸਹਿ ਲਿਆ 33ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਓਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰਾਂ ਦੁਰਦਸ਼ਾ ਹੁੰਦੀ ਸੀ 34ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋ ਉੱਤਮ ਅਤੇ ਅਟੱਲ ਹੈ 35ਸੋ ਤੁਸਾਂ ਆਪਣੀ ਦਿਲੇਰੀ ਨੂੰ ਕਿਤੇ ਗੁਆ ਨਾ ਬੈਠਣਾ ਕਿ ਉਹ ਦਾ ਵੱਡਾ ਫਲ ਹੈ 36ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ 37ਇਹ ਲਿਖਿਆ ਹੈ, #ਹਬ. 2:3-
ਹੁਣ ਥੋੜਾ ਜਿਹਾ ਚਿਰ ਹੈ,
ਜੋ ਆਉਣ ਵਾਲਾ ਆਵੇਗਾ,
ਅਤੇ ਚਿਰ ਨਾ ਲਾਵੇਗਾ।
38ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ,
ਅਤੇ ਜੇ ਉਹ ਪਿਛਾਂਹਾ ਹਟ ਜਾਵੇ,
ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।
39ਪਰ ਅਸੀਂ ਓਹਨਾਂ ਵਿੱਚੋਂ ਨਹੀਂ ਜਿਹੜੇ ਪਿਛਾਹਾਂ ਹਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਓਹਨਾਂ ਵਿੱਚੋਂ ਜਿਹੜੇ ਨਿਹਚਾ ਕਰ ਕੇ ਜਾਨ ਬਚਾ ਰੱਖਦੇ ਹਨ।।
Currently Selected:
ਇਬਰਾਨੀਆਂ ਨੂੰ 10: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.