ਯਾਕੂਬ 1
1
ਪਰਤਾਵਿਆਂ ਦਾ ਲਾਭ । ਅਮਲ ਕਰਨ ਦੀ ਲੋੜ
1ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।।
2ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ। 3ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ 4ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।।
5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ 6ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ 7ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ 8ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।।
9ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ 10ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ 11ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।।
12ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ 13ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ 14ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ 15ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ 16ਹੇ ਮੇਰੇ ਪਿਆਰੇ ਭਰਾਵੋਂ, ਤੁਸੀਂ ਧੋਖਾ ਨਾ ਖਾਓ 17ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ 18ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।।
19ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ 20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ 21ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ 22ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ 23ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ 24ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ 25ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ 26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।
Currently Selected:
ਯਾਕੂਬ 1: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.