ਮੱਤੀ 17
17
ਪ੍ਰਭੁ ਦੇ ਰੂਪ ਦਾ ਜਲਾਲੀ ਹੋਣਾ
1ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ 2ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ 3ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਵਿਖਾਲੀ ਦਿੱਤੇ 4ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੁ ਜੀ ਸਾਡਾ ਐਥੇ ਹੋਣਾ ਚੰਗਾ ਹੈ । ਜੇ ਤੂੰ ਚਾਹੇਂ ਤਾਂ ਐਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ 5ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ 6ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ 7ਪਰ ਯਿਸੂ ਨੇ ਨੇੜੇ ਆਣ ਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ 8ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇੱਕਲੇ ਯਿਸੂ ਨੂੰ ਡਿੱਠਾ।।
9ਜਾਂ ਓਹ ਪਹਾੜੋਂ ਉੱਤਰਦੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ 10ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ? 11ਉਸ ਨੇ ਉੱਤਰ ਦਿੱਤਾ ਜੋ ਏਲੀਯਾਹ ਠੀਕ ਆਉਂਦਾ ਹੈ ਅਤੇ ਸੱਭੋ ਕੁਝ ਬਹਾਲ ਕਰੇਗਾ 12ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ 13ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।।
14ਜਦ ਓਹ, ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ 15ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ 16ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ ਪਰ ਓਹ ਉਸ ਨੂੰ ਚੰਗਾ ਨਾ ਕਰ ਸੱਕੇ 17ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ 18ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ 19ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆਣ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ? 20-21ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।। 22ਜਦ ਓਹ ਗਲੀਲ ਵਿੱਚ ਇੱਕਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ 23ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।।
24ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ 25ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ? 26ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ 27ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।
Currently Selected:
ਮੱਤੀ 17: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.