YouVersion Logo
Search Icon

ਫ਼ਿਲਿੱਪੀਆਂ ਨੂੰ 3

3
ਪੌਲੁਸ ਦਾ ਪਹਿਲਾ ਜੀਵਨ ਅਤੇ ਹੁਣ ਉਸ ਦਾ ਅਗਲਾ ਨਿਸ਼ਾਨ
1ਮੁਕਤੀ ਗੱਲ, ਹੇ ਮੇਰੇ ਭਰਾਵੋ, ਪ੍ਰਭੁ ਵਿੱਚ ਅਨੰਦ ਰਹੋ। ਉਹੋ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ 2ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਲਿੰਗ ਕੱਟਣ ਵਾਲਿਆਂ ਤੋਂ ਸੁਚੇਤ ਰਹੋ ! 3ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ 4ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ 5ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ 6ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼ 7ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ 8ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ 9ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ 10ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ 11ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ 12ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ 13ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ 14ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ 15ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ 16ਪਰ ਜਿੱਥੋਂ ਤੋੜੀ ਅਸੀਂ ਅੱਪੜੇ ਹਾਂ ਉਸੇ ਦੇ ਅਨੁਸਾਰ ਚੱਲੀਏ।।
17ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ 18ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ 19ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ 20ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ 21ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸੱਕਦਾ ਹੈ ਸਾਡੀ ਦੀਨਤਾ ਦੇ ਸਰੀਰ ਨੂੰ ਵਟਾ ਕੇ ਆਪਣੇ ਤੇਜ ਦੇ ਸਰੀਰ ਦੀ ਨਿਆਈਂ ਬਣਾਵੇਗਾ।।

Highlight

Share

Copy

None

Want to have your highlights saved across all your devices? Sign up or sign in