Logo YouVersion
Eicon Chwilio

ਉਤਪਤ 11

11
ਦੁਨੀਆਂ ਵੰਡੀ ਗਈ
1ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ। 2ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉੱਥੇ ਰਹਿਣ ਲਈ ਟਿਕ ਗਏ। 3ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।
4ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”
5ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ। 6ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ। 7ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
8ਇਸ ਲਈ, ਯਹੋਵਾਹ ਨੇ ਲੋਕਾਂ ਨੂੰ ਸਾਰੀ ਦੁਨੀਆਂ ਵਿੱਚ ਖਿੰਡਾ ਦਿੱਤਾ, ਅਤੇ ਉਨ੍ਹਾਂ ਨੇ ਆਪਣੇ ਸ਼ਹਿਰ ਦੀ ਉਸਾਰੀ ਬੰਦ ਕਰ ਦਿੱਤੀ। 9ਇਹੀ ਉਹ ਥਾਂ ਹੈ ਜਿੱਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਗੜਬੜ ਕਰ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।
ਸ਼ੇਮ ਦੇ ਪਰਿਵਾਰ ਦੀ ਕਹਾਣੀ
10ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ੍ਹ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਅਰਪਕਸਦ ਜੰਮਿਆ। 11ਉਸਤੋਂ ਬਾਦ ਸ਼ੇਮ 500 ਵਰ੍ਹੇ ਹੋਰ ਜੀਵਿਆ। ਉਸ ਦੇ ਹੋਰ ਧੀਆਂ ਪੁੱਤਰ ਵੀ ਹੋਏ।
12ਜਦੋਂ ਅਰਪਕਸਦ 35 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਸ਼ਲਹ ਜੰਮਿਆ। 13ਸ਼ਲਹ ਦੇ ਜਨਮ ਤੋਂ ਬਾਦ, ਅਰਪਕਸਦ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
14ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਏਬਰ ਜਨਮਿਆ। 15ਏਬਰ ਦੇ ਜੰਮਣ ਤੋਂ ਬਾਦ, ਸ਼ਲਹ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
16ਜਦੋਂ ਏਬਰ 34 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਪਲਗ ਜੰਮਿਆ। 17ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
18ਜਦੋਂ ਪਲਗ 30 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਰਊ ਜੰਮਿਆ। 19ਰਊ ਦੇ ਜੰਮਣ ਤੋਂ ਬਾਦ, ਪਲਗ 209 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
20ਜਦੋਂ ਰਊ 32 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਸਰੂਗ ਜੰਮਿਆ। 21ਸਰੂਗ ਦੇ ਜੰਮਣ ਤੋਂ ਬਾਦ, ਰਊ 270 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
22ਜਦੋਂ ਸਰੂਗ 30 ਵਰ੍ਹਿਆਂ ਦਾ ਸੀ, ਉਸ ਦਾ ਪੁੱਤਰ ਨਾਹੋਰ ਜੰਮਿਆ। 23ਨਾਹੋਰ ਦੇ ਜੰਮਣ ਤੋਂ ਬਾਦ, ਸਰੂਗ 200 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
24ਜਦੋਂ ਨਾਹੋਰ 29 ਵਰ੍ਹਿਆਂ ਦਾ ਸੀ, ਤਾਂ ਉਸ ਦਾ ਪੁੱਤਰ ਤਾਰਹ ਜੰਮਿਆ। 25ਤਾਰਹ ਦੇ ਜੰਮਣ ਤੋਂ ਬਾਦ, ਨਾਹੋਰ 119 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
26ਜਦੋਂ ਤਾਰਹ 70 ਵਰ੍ਹਿਆਂ ਦਾ ਸੀ, ਉਸ ਦੇ ਪੁੱਤਰ ਅਬਰਾਮ, ਨਾਹੋਰ, ਅਤੇ ਹਾਰਾਨ ਜੰਮੇ।
ਤਾਰਹ ਦੇ ਪਰਿਵਾਰ ਦੀ ਕਹਾਣੀ
27ਇਹ ਤਾਰਹ ਦੇ ਪਰਿਵਾਰ ਦੀ ਕਹਾਣੀ ਹੈ। ਤਾਰਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਸੀ। ਹਾਰਾਨ ਲੂਤ ਦਾ ਪਿਤਾ ਸੀ। 28ਹਾਰਾਨ ਆਪਣੇ ਜੱਦੀ ਕਸਬੇ, ਕਸਦੀਆਂ ਦੇ ਊਰ ਵਿੱਚ ਮਰਿਆ, ਜਦੋਂ ਕਿ ਉਸ ਦਾ ਪਿਤਾ ਤਾਰਹ ਹਾਲੇ ਜਿਉਂਦਾ ਸੀ। 29ਅਬਰਾਮ ਅਤੇ ਨਾਹੋਰ ਦੋਹਾਂ ਨੇ ਸ਼ਾਦੀ ਕੀਤੀ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ। ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ। ਮਿਲਕਾਹ ਹਾਰਾਨ ਦੀ ਧੀ ਸੀ। ਹਾਰਾਨ ਮਿਲਕਾਹ ਅਤੇ ਯਿਸੱਕਾਹ ਦਾ ਪਿਤਾ ਸੀ। 30ਸਾਰਈ ਦੇ ਔਲਾਦ ਨਹੀਂ ਹੋਈ ਕਿਉਂਕਿ ਉਹ ਬਾਂਝ ਸੀ।
31ਤਾਰਹ ਆਪਣੇ ਪਰਿਵਾਰ ਨੂੰ ਲੈ ਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓੱਥੇ ਹੀ ਟਿਕ ਜਾਣ ਦਾ ਨਿਆਂ ਕੀਤਾ। 32ਤਾਰਹ 205 ਵਰ੍ਹੇ ਜੀਵਿਆ। ਉਹ ਹਾਰਾਨ ਵਿੱਚ ਮਰਿਆ।

Dewis Presennol:

ਉਤਪਤ 11: PERV

Uwcholeuo

Rhanna

Copi

None

Eisiau i'th uchafbwyntiau gael eu cadw ar draws dy holl ddyfeisiau? Cofrestra neu mewngofnoda