ਉਤਪਤ 35

35
ਯਾਕੂਬ ਬੈਤਏਲ ਵਿੱਚ
1ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।”
2ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ। 3ਅਸੀਂ ਇਹ ਥਾਂ ਛੱਡ ਦਿਆਂਗੇ ਅਤੇ ਬੈਤਏਲ ਨੂੰ ਚੱਲੇ ਜਾਵਾਂਗੇ। ਉਸ ਥਾਂ ਮੈਂ ਉਸ ਪਰਮੇਸ਼ੁਰ ਲਈ ਜਗਵੇਦੀ ਉਸਾਰਾਂਗਾ ਜਿਸਨੇ ਮੁਸ਼ਕਿਲ ਵੇਲੇ ਮੇਰੀ ਸਹਾਇਤਾ ਕੀਤੀ ਸੀ। ਅਤੇ ਜਿੱਥੇ ਵੀ ਮੈਂ ਗਿਆ ਹਾਂ ਉਹ ਪਰਮੇਸ਼ੁਰ ਹਮੇਸ਼ਾ ਮੇਰੇ ਅੰਗ-ਸੰਗ ਰਿਹਾ ਹੈ।”
4ਇਸ ਲਈ ਲੋਕਾਂ ਨੇ ਆਪਣੇ ਕੋਲ ਰੱਖੇ ਹੋਏ ਸਾਰੇ ਵਿਦੇਸ਼ੀ ਦੇਵਤੇ ਯਾਕੂਬ ਦੇ ਹਵਾਲੇ ਕਰ ਦਿੱਤੇ। ਅਤੇ ਉਨ੍ਹਾਂ ਨੇ ਆਪਣੇ ਕੰਨਾਂ ਵਿੱਚ ਪਾਈਆਂ ਹੋਈਆਂ ਸਾਰੀਆਂ ਮੁੰਦਰਾਂ ਵੀ ਦੇ ਦਿੱਤੀਆਂ। ਯਾਕੂਬ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸ਼ਕਮ ਨਾਮ ਦੇ ਕਸਬੇ ਦੇ ਨੇੜੇ ਇੱਕ ਓਕ ਦੇ ਰੁੱਖ ਹੇਠਾਂ ਦੱਬ ਦਿੱਤਾ।
5ਯਾਕੂਬ ਅਤੇ ਉਸ ਦੇ ਪੁੱਤਰ ਉਸ ਥਾਂ ਤੋਂ ਚੱਲੇ ਗਏ। ਉਸ ਇਲਾਕੇ ਦੇ ਲੋਕ ਉਨ੍ਹਾਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਮਾਰ ਦੇਣ ਚਾਹੁੰਦੇ ਸਨ। ਪਰ ਉਹ ਬਹੁਤ ਡਰ ਗਏ ਅਤੇ ਉਨ੍ਹਾਂ ਨੇ ਯਾਕੂਬ ਦਾ ਪਿੱਛਾ ਨਹੀਂ ਕੀਤਾ। 6ਇਸ ਲਈ ਯਾਕੂਬ ਅਤੇ ਉਸ ਦੇ ਬੰਦੇ ਲੂਜ਼ ਵਿਖੇ ਚੱਲੇ ਗਏ। ਲੂਜ਼ ਦਾ ਨਾਮ ਹੁਣ ਬੈਤਏਲ ਹੈ। ਇਹ ਕਨਾਨ ਦੀ ਧਰਤੀ ਉੱਤੇ ਹੈ। 7ਯਾਕੂਬ ਨੇ ਉੱਥੇ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ ਬੈਤਏਲ” ਰੱਖਿਆ। ਯਾਕੂਬ ਨੇ ਇਹ ਨਾਮ ਇਸ ਲਈ ਚੁਣਿਆ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਸ ਨੂੰ ਪਰਮੇਸ਼ੁਰ ਉਸ ਵੇਲੇ ਦਿਖਾਈ ਦਿੱਤਾ ਸੀ ਜਦੋਂ ਉਹ ਆਪਣੇ ਭਰਾ ਕੋਲੋਂ ਭੱਜ ਰਿਹਾ ਸੀ।
8ਦੋਬਰਾਹ, ਰਿਬਕਾਹ ਦੀ ਦਾਸੀ, ਉੱਥੇ ਹੀ ਮਰੀ। ਉਨ੍ਹਾਂ ਨੇ ਉਸ ਨੂੰ ਉੱਥੇ ਬੈਤਏਲ ਵਿਖੇ ਇੱਕ ਓਕ ਦੇ ਰੁੱਖ ਹੇਠਾਂ ਦਫ਼ਨਾ ਦਿੱਤਾ। ਉਨ੍ਹਾਂ ਨੇ ਇਸ ਥਾਂ ਦਾ ਨਾਮ ਅੱਲੋਨ ਬਾਕੂਥ ਰੱਖਿਆ।
ਯਾਕੂਬ ਦਾ ਨਵਾਂ ਨਾਮ
9ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ। 10ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਤੇਰਾ ਨਾਮ ਯਾਕੂਬ ਹੈ। ਪਰ ਮੈਂ ਇਸ ਨਾਮ ਨੂੰ ਬਦਲ ਦਿਆਂਗਾ। ਹੁਣ ਤੇਰਾ ਨਾਮ ਯਾਕੂਬ ਨਹੀਂ ਹੋਵੇਗਾ। ਤੇਰਾ ਨਵਾਂ ਨਾਮ ਇਸਰਾਏਲ ਹੋਵੇਗਾ।” ਇਸ ਲਈ ਪਰਮੇਸ਼ੁਰ ਨੇ ਉਸ ਦਾ ਨਵਾਂ ਨਾਮ ਇਸਰਾਏਲ ਰੱਖ ਦਿੱਤਾ।
11ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ। 12ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।” 13ਫ਼ੇਰ ਪਰਮੇਸ਼ੁਰ ਉਸ ਥਾਂ ਤੋਂ ਚੱਲਿਆ ਗਿਆ। 14-15ਯਾਕੂਬ ਨੇ ਉਸ ਥਾਂ ਉੱਤੇ ਯਾਦਗਾਰੀ ਪੱਥਰ ਸਥਾਪਿਤ ਕੀਤਾ। ਯਾਕੂਬ ਨੇ ਪੱਥਰ ਨੂੰ ਮੈਅ ਅਤੇ ਤੇਲ ਛਿੜਕ ਕੇ ਪਵਿੱਤਰ ਬਣਾਇਆ। ਇਹ ਥਾਂ ਇਸ ਲਈ ਖਾਸ ਹੈ ਕਿਉਂਕਿ ਇੱਥੇ ਪਰਮੇਸ਼ੁਰ ਨੇ ਯਾਕੂਬ ਨਾਲ ਗੱਲ ਕੀਤੀ ਸੀ। ਯਾਕੂਬ ਨੇ ਉਸ ਥਾਂ ਦਾ ਨਾਮ ਬੈਤਏਲ ਰੱਖਿਆ।
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ
16ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ। 17ਜਦੋਂ ਰਾਖੇਲ ਨੂੰ ਇਹ ਬੱਚਾ ਜਨਣ ਵਿੱਚ ਇੰਨੀ ਤਕਲੀਫ਼ ਹੋ ਰਹੀ ਸੀ ਦਾਈ ਨੇ ਇਹ ਵੇਖਕੇ ਆਖਿਆ, “ਰਾਖੇਲ ਡਰ ਨਹੀਂ। ਤੂੰ ਇੱਕ ਹੋਰ ਪੁੱਤਰ ਨੂੰ ਜਨਮ ਦੇ ਰਹੀਂ ਹੈਂ।”
18ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।
19ਅਫ਼ਰਾਥ ਦੇ ਰਸਤੇ ਉੱਤੇ ਰਾਖੇਲ ਨੂੰ ਦਫ਼ਨਾ ਦਿੱਤਾ ਗਿਆ। (ਅਫ਼ਰਾਥ ਬੈਤਲਹਮ ਹੈ।) 20ਅਤੇ ਯਾਕੂਬ ਨੇ ਰਾਖੇਲ ਦੀ ਕਬਰ ਦਾ ਆਦਰ ਕਰਦਿਆਂ ਉੱਥੇ ਖਾਸ ਪੱਥਰ ਰੱਖ ਦਿੱਤਾ। ਇਹ ਖਾਸ ਪੱਥਰ ਅੱਜ ਵੀ ਉੱਥੇ ਹੈ। 21ਫ਼ੇਰ ਇਸਰਾਏਲ (ਯਾਕੂਬ) ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਸ ਨੇ ਏਦਰ ਮੀਨਾਰ ਦੇ ਦੱਖਣ ਵੱਲ ਡੇਰਾ ਲਾ ਲਿਆ।
22ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ।
ਇਸਰਾਏਲ ਦਾ ਪਰਿਵਾਰ
ਯਾਕੂਬ ਦੇ 12 ਪੁੱਤਰ ਸਨ।
23ਯਾਕੂਬ ਅਤੇ ਲੇਆਹ ਦੇ ਪੁੱਤਰ ਸਨ: ਯਾਕੂਬ ਦਾ ਪਹਿਲੋਠਾ ਪੁੱਤਰ ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
24ਯਾਕੂਬ ਅਤੇ ਰਾਖੇਲ ਦੇ ਪੁੱਤਰ ਸਨ ਯੂਸੁਫ਼ ਅਤੇ ਬਿਨਯਾਮੀਨ।
25ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।
26ਜ਼ਿਲਪਾਹ ਲੇਆਹ ਦੀ ਦਾਸੀ ਸੀ। ਯਾਕੂਬ ਅਤੇ ਜ਼ਲਪਾਹ ਦੇ ਪੁੱਤਰ ਸਨ ਗਾਦ ਅਤੇ ਆਸ਼ੇਰ।
ਇਹ ਯਾਕੂਬ ਦੇ ਪੁੱਤਰ ਸਨ ਜਿਹੜੇ ਪਦਨ ਅਰਾਮ ਵਿਖੇ ਜਨਮੇ ਸਨ।
27ਯਾਕੂਬ ਕਿਰਿਯਥ ਅਰਬਾ (ਹਬਰੋਨ) ਵਿੱਚ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿਖੇ ਚੱਲਾ ਗਿਆ। ਇਹੀ ਉਹ ਥਾਂ ਹੈ ਜਿੱਥੇ ਅਬਰਾਹਾਮ ਅਤੇ ਇਸਹਾਕ ਰਹਿ ਚੁੱਕੇ ਸਨ। 28ਇਸਹਾਕ 180 ਵਰ੍ਹੇ ਜੀਵਿਆ। 29ਫ਼ੇਰ ਇਸਹਾਕ ਕਮਜ਼ੋਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸਹਾਕ ਨੇ ਲੰਮੀ ਭਰਪੂਰ ਜ਼ਿੰਦਗੀ ਜੀਵੀ ਸੀ। ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਉਸ ਦੇ ਪਿਤਾ ਵਾਲੀ ਥਾਵੇਂ ਹੀ ਦਫ਼ਨਾ ਦਿੱਤਾ।

Valgt i Øjeblikket:

ਉਤਪਤ 35: PERV

Markering

Del

Kopiér

None

Vil du have dine markeringer gemt på tværs af alle dine enheder? Tilmeld dig eller log ind