ਯੂਹੰਨਾ ਦੀ ਇੰਜੀਲ 20
20
ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ
(ਮੱਤੀ 28:1-10; ਮਰਕੁਸ 16:1-8; ਲੂਕਾ 24:1-12)
1ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ। 2ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ। 5ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹ ਮਲਮਲ ਦੇ ਕੱਪੜੇ ਉੱਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।
6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਮਲਮਲ ਦੇ ਕੱਪੜਿਆ ਤੋਂ ਹਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ। 9(ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)
ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ
(ਮਰਕੁਸ 16:9-11)
10ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ। 11ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।
13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?”
ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।” 14ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?”
ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”
16ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।”
ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ
(ਮੱਤੀ 28:16-20; ਮਰਕੁਸ 16:14-18; ਲੂਕਾ 24:36-49)
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।
21ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।” 22ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ
24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”
26ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
ਯੂਹੰਨਾ ਨੇ ਇਹ ਪੁਸਤਕ ਕਿਉਂ ਲਿਖੀ
30ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।
Currently Selected:
ਯੂਹੰਨਾ ਦੀ ਇੰਜੀਲ 20: PERV
Highlight
Share
Copy

Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International