ਯੂਹੰਨਾ ਦੀ ਇੰਜੀਲ 3

3
ਯਿਸੂ ਅਤੇ ਨਿਕੋਦੇਮੁਸ
1ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। 2ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
3ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
4ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”
5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ। 6ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ। 7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’ 8ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”
10ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14“ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ। 15ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”
16ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ। 18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ। 19ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ। 21ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ
22ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। 23ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ। 24ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।
25ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ। 26ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
27ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ। 28ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’ 29ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। 30ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
ਉਹ ਸਵਰਗ ਤੋਂ ਆਉਂਦਾ ਹੈ
31“ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ। 32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ। 35ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ। 36ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”

Marker

Del

Kopier

None

Vil du ha høydepunktene lagret på alle enhetene dine? Registrer deg eller logg på

Videoer om ਯੂਹੰਨਾ ਦੀ ਇੰਜੀਲ 3