Logotip YouVersion
Search Icon

ਯੂਹੰਨਾ 10

10
"ਅੱਛਾ ਅਯਾਲੀ ਮੈਂ ਹਾਂ" । ਯਹੂਦੀਆਂ ਦਾ ਵਿਰੋਧ
1ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ 2ਪਰ ਜਿਹੜਾ ਬੂਹੇ ਥਾਣੀਂ ਵੜਦਾ ਹੈ ਉਹ ਭੇਡਾਂ ਦਾ ਅਯਾਲੀ ਹੈ 3ਉਹ ਦੇ ਲਈ ਦਰਬਾਨ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਹ ਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਦਾ ਨਾਉਂ ਲੈ ਲੈ ਕੇ ਬੁਲਾਉਂਦਾ ਹੈ ਅਰ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ 4ਜਦ ਉਹ ਆਪਣੀ ਸਾਰੀਆਂ ਭੇਡਾਂ ਨੂੰ ਕੱਢ ਚੁੱਕਦਾ ਹੈ ਤਾਂ ਉਨ੍ਹਾਂ ਦੇ ਅੱਗੇ ਅੱਗੇ ਤੁਰ ਪੈਂਦਾ ਹੈ ਅਤੇ ਭੇਡਾਂ ਉਹ ਦੇ ਮਗਰ ਮਗਰ ਲੱਗੀਆਂ ਜਾਂਦੀਆਂ ਹਨ ਕਿਉਂ ਜੋ ਓਹ ਉਸ ਦੀ ਅਵਾਜ਼ ਪਛਾਣਦੀਆਂ ਹਨ 5ਓਹ ਪਰਾਏ ਦੇ ਮਗਰ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਨੱਸ ਜਾਣਗੀਆਂ ਕਿਉਂਕਿ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ 6ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਨੂੰ ਆਖਿਆ ਪਰ ਓਹ ਨਾ ਸਮਝੇ ਭਈ ਏਹ ਕੀ ਗੱਲਾਂ ਹਨ ਜਿਹੜੀਆਂ ਉਹ ਸਾਨੂੰ ਆਖਦਾ ਹੈ ।।
7ਇਸ ਲਈ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਭੇਡਾਂ ਦਾ ਬੂਹਾ ਮੈਂ ਹਾਂ 8ਸਭ ਜਿੰਨੇ ਮੈਥੋਂ ਅੱਗੇ ਆਏ ਸੋ ਚੋਰ ਅਤੇ ਡਾਕੂ ਹਨ ਪਰ ਭੇਡਾਂ ਨੇ ਉਨ੍ਹਾਂ ਦੀ ਨਾ ਸੁਣੀ 9ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ 10ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ 11ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ 12ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ 13ਓਹ ਇਸ ਲਈ ਭੱਜਦਾ ਹੈ ਜੋ ਉਹ ਕਾਮਾ ਹੈ ਅਤੇ ਭੇਡਾਂ ਦੀ ਚਿੰਤਾ ਨਹੀਂ ਕਰਦਾ 14ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ 15ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ 16ਅਤੇ ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਬਾੜੇ ਦੀਆਂ ਨਹੀਂ । ਮੈਨੂੰ ਚਾਹੀਦਾ ਹੈ ਜੋ ਉਨ੍ਹਾਂ ਨੂੰ ਵੀ ਲਿਆਵਾਂ ਅਰ ਓਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕੋ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ 17ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ ਕਿ ਮੈਂ ਆਪਣੀ ਜਾਨ ਦਿੰਦਾ ਹਾਂ ਤਾਂ ਜੋ ਉਹ ਨੂੰ ਫੇਰ ਲਵਾਂ 18ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ 19ਇਨ੍ਹਾਂ ਬਚਨਾਂ ਦੇ ਕਾਰਨ ਯਹੂਦੀਆਂ ਵਿੱਚ ਫੇਰ ਫੁੱਟ ਪੈ ਗਈ 20ਅਰ ਬਹੁਤੇ ਉਨ੍ਹਾਂ ਵਿੱਚੋਂ ਬੋਲੇ ਭਈ ਉਹ ਨੂੰ ਭੂਤ ਚਿੰਬੜਿਆ ਹੋਇਆ ਹੈ ਅਤੇ ਉਹ ਕਮਲਾ ਹੈ! ਕਾਹਨੂੰ ਤੁਸੀਂ ਉਹ ਦੀ ਸੁਣਦੇ ਹੋ? 21ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈ?।।
22ਯਰੂਸ਼ਲਮ ਵਿੱਚ ਪਰਤਿਸਠਾ ਦਾ ਤਿਉਹਾਰ ਆਇਆ। ਉਹ ਸਿਆਲ ਦੀ ਰੁੱਤ ਸੀ 23ਅਤੇ ਯਿਸੂ ਹੈਕਲ ਦੇ ਸੁਲੇਮਾਨ ਦੇ ਦਲਾਨ ਵਿੱਚ ਫਿਰਦਾ ਸੀ 24ਇਸ ਲਈ ਯਹੂਦੀਆਂ ਨੇ ਉਸ ਦੇ ਦੁਆਲੇ ਇਕੱਠੇ ਹੋ ਕੇ ਉਸ ਨੂੰ ਆਖਿਆ, ਤੂੰ ਕਦਕੁ ਤਾਈਂ ਸਾਨੂੰ ਦੁਬਧਾ ਵਿੱਚ ਰੱਖੇਂਗਾ? ਜੇ ਤੂੰ ਮਸੀਹ ਹੈਂ ਤਾਂ ਖੋਲ੍ਹ ਕੇ ਸਾਨੂੰ ਦੱਸ ਦਿਹ 25ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ 26ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ 27ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ 28ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ 29ਮੇਰਾ ਪਿਤਾ#10:29 ਅਥਵਾ, ਜਿਹ ਨੂੰ ਮੇਰੇ ਪਿਤਾ ਨੇ ਮੈਨੂੰ ਦਿੱਤਾ ਸਭਨਾਂ ਤੋਂ ਵੱਡਾ ਹੈ। ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ 30ਮੈਂ ਅਰ ਮੇਰਾ ਪਿਤਾ ਇੱਕੋ ਹਾਂ 31ਯਹੂਦੀਆਂ ਨੇ ਫੇਰ ਪੱਥਰ ਚੁੱਕੇ ਜੋ ਉਹ ਨੂੰ ਪਥਰਾਹ ਕਰਨ 32ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਪਿਤਾ ਦੀ ਵੱਲੋਂ ਅਨੇਕ ਚੰਗੇ ਕੰਮ ਵਿਖਾਏ। ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਬਦਲੇ ਤੁਸੀਂ ਮੈਨੂੰ ਪਥਰਾਹ ਕਰਦੇ ਹੋ? 33ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ 34ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਹਾਡੀ ਸ਼ਰਾ ਵਿੱਚ ਇਹ ਨਹੀਂ ਲਿਖਿਆ ਹੋਇਆ ਹੈ ਕਿ ਮੈਂ ਆਖਿਆ, ਤੁਸੀਂ ਦਿਓਤੇ ਹੋ? 35ਜੇਕਰ ਉਸ ਨੇ ਉਨ੍ਹਾਂ ਨੂੰ ਦਿਓਤੇ ਆਖਿਆ ਜਿੰਨ੍ਹਾਂ ਦੇ ਕੋਲ ਪਰਮੇਸ਼ੁਰ ਦੀ ਬਾਣੀ ਆਈ, ਅਤੇ ਲਿਖਤ ਖੰਡਣ ਨਹੀਂ ਹੋ ਸੱਕਦੀ 36ਤਾਂ ਜਿਹ ਨੂੰ ਪਿਤਾ ਨੇ ਪਵਿੱਤਰ ਕਰ ਕੇ ਜਗਤ ਵਿੱਚ ਘੱਲਿਆ, ਕੀ ਤੁਸੀਂ ਉਹ ਨੂੰ ਇਹ ਆਖਦੇ ਹੋ ਭਈ ਤੂੰ ਕੁਫ਼ਰ ਬਕਦਾ ਹੈ ਇਸ ਲਈ ਜੋ ਮੈਂ ਕਿਹਾ ਸੀ ਕਿ ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ 37ਜੇ ਮੈਂ ਆਪਣੇ ਪਿਤਾ ਜੇਹੇ ਕੰਮ ਨਹੀਂ ਕਰਦਾ ਤਾਂ ਮੇਰੀ ਪਰਤੀਤ ਨਾ ਕਰੋ 38ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ 39ਓਹ ਫੇਰ ਉਸ ਦੇ ਫੜਨ ਦੇ ਮਗਰ ਲੱਗੇ ਪਰ ਉਹ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ।।
40ਉਹ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚੱਲਿਆ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਰ ਉੱਥੇ ਟਿਕਿਆ 41ਬਥੇਰੇ ਉਸ ਕੋਲ ਆਏ ਅਤੇ ਬੋਲੇ ਕਿ ਯੂਹੰਨਾ ਨੇ ਤਾਂ ਕੋਈ ਨਿਸ਼ਾਨ ਨਹੀਂ ਵਿਖਾਇਆ ਪਰ ਜੋ ਕੁਝ ਯੂਹੰਨਾ ਨੇ ਇਹ ਦੇ ਹੱਕ ਵਿੱਚ ਆਖਿਆ ਸੋ ਸਤ ਸੀ 42ਅਰ ਉੱਥੇ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ।।

Označeno

Share

Copy

None

Want to have your highlights saved across all your devices? Sign up or sign in