ਯੂਹੰਨਾ 18
18
ਯਿਸੂ ਨੂੰ ਫੜਵਾਇਆ ਜਾਣਾ
ਮੱਤੀ 26:47-56; ਮਰਕੁਸ 14:43-50; ਲੂਕਾ 22:47-53
1ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ। 2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ। 3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ। 4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?” 5ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। 6ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ। 7ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” 8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।” 9ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।” 10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ) 11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
ਅੰਨਾਸ ਦੇ ਸਨਮੁਖ ਯਿਸੂ
12ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ। 13ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ। 14ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
ਪਤਰਸ ਯਿਸੂ ਦਾ ਇਨਕਾਰ ਕਰਦਾ ਹੈ
ਮੱਤੀ 26:69, 70; ਮਰਕੁਸ 14:66-68; ਲੂਕਾ 22:55-57
15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ। 16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ। 17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।” 18ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।
ਪ੍ਰਧਾਨ ਜਾਜਕ ਯਿਸੂ ਤੋਂ ਪ੍ਰਸ਼ਨ ਪੁੱਛਦਾ ਹੈ
ਮੱਤੀ 26:59-66; ਮਰਕੁਸ 14:55-64; ਲੂਕਾ 22:66-71
19ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ। 20ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ। 21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।” 22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।” 23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?” 24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
ਪਤਰਸ ਯਿਸੂ ਦਾ ਇਨਕਾਰ ਦੂਸਰੀ ਵਾਰ ਕਰਦਾ ਹੈ
ਮੱਤੀ 26:71-75; ਲੂਕਾ 22:58-62
25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।” 26ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।” 27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ
ਮੱਤੀ 27:1, 2; 11-14; ਮਰਕੁਸ 15:1-5; ਲੂਕਾ 23:1-5
28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?” 30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।” 31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ। 33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” 38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?”
ਮੌਤ ਦੀ ਸਜ਼ਾ ਦਾ ਹੁਕਮ
ਮੱਤੀ 27:15-31; ਮਰਕੁਸ 15:6-20; ਲੂਕਾ 23:13-25
ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?” 40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।
Kasalukuyang Napili:
ਯੂਹੰਨਾ 18: IRVPun
Haylayt
Ibahagi
Kopyahin
Gusto mo bang ma-save ang iyong mga hinaylayt sa lahat ng iyong device? Mag-sign up o mag-sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.