Logo ng YouVersion
Hanapin ang Icon

ਯੂਹੰਨਾ 20

20
ਖਾਲੀ ਕਬਰ
ਮੱਤੀ 28:1-8; ਮਰਕੁਸ 16:1-8; ਲੂਕਾ 24:1-12
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
ਮਰਿਯਮ ਮਗਦਲੀਨੀ ਨੂੰ ਦਿਖਾਈ ਦੇਣਾ
ਮੱਤੀ 28:9, 10; ਮਰਕੁਸ 16:9-11
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਚੇਲਿਆਂ ਨੂੰ ਦਿਖਾਈ ਦੇਣਾ
ਮੱਤੀ 28:16-20; ਮਰਕੁਸ 16:14-18; ਲੂਕਾ 24:36-49
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
ਥੋਮਾ ਉੱਤੇ ਪ੍ਰਗਟ ਹੋਣਾ
24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
ਇਸ ਕਿਤਾਬ ਦਾ ਟੀਚਾ
30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

Kasalukuyang Napili:

ਯੂਹੰਨਾ 20: IRVPun

Haylayt

Ibahagi

Kopyahin

None

Gusto mo bang ma-save ang iyong mga hinaylayt sa lahat ng iyong device? Mag-sign up o mag-sign in

Video para sa ਯੂਹੰਨਾ 20